ਪੰਜਾਬ ‘ਚ ਦਿਨੋਂ ਦਿਨ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 19 ਫਰਵਰੀ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਦਿਨੋਂ ਦਿਨ ਖਰਾਬ ਹੋ ਰਹੀ ਕਾਨੂੰਨ ਵਿਵਸਥਾ ਉੱਤੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਸੂਬੇ ‘ਚ ਜੰਗਲ ਰਾਜ ਚੱਲ ਰਿਹਾ ਹੈ। ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਗ੍ਰਹਿ ਮੰਤਰੀ ਵੀ ਹਨ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਫੇਲ੍ਹ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਵਿੱਚ ਦਿਨ ਦਿਹਾੜੇ ਯੂਥ ਕਾਂਗਰਸ ਦੇ ਆਗੂ ਗੁਰਲਾਲ ਸਿੰਘ ਭੁੱਲਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਕੈਪਟਨ ਸਰਕਾਰ ਦੇ ਫੇਲ੍ਹ ਹੋਣ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਸ ਪਾਰਟੀ ਦੀ ਸਰਕਾਰ ਹੋਵੇ ਉਸੇ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਹਨ ਤਾਂ ਫਿਰ ਆਮ ਵਿਅਕਤੀਆਂ ਕਿਸ ਪੱਖੋਂ ਸੁਰੱਖਿਅਤ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਸੱਤਾ ਦਾ ਆਨੰਦ ਮਾਣਨ ਖਾਤਰ ਕਾਂਗਰਸ ਪਾਰਟੀ ਪੰਜਾਬ ਨੂੰ ਹਨ੍ਹੇਰੇ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਨੂੰ ਹਰ ਪੱਖੋਂ ਨੰਬਰ ਇਕ ਸੂਬਾ ਬਣਾਉਣ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਸੀ ਕਿ ਮੈਂ ਹਰ ਖੇਤਰ ਵਿੱਚ ਸੁਧਾਰ ਕਰਾਂਗਾ। ਪ੍ਰੰਤੂ ਅੱਜ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ ਅਤੇ ਪੰਜਾਬ ਦੀ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਇਸ ਰਿਵਾਇਤ ਦੀ ਸ਼ੁਰੂਆਤ ਕੀਤੀ ਕਿ ਗੁੰਡਾਗਰਦੀ ਦੇ ਸਹਾਰੇ ਲੋਕਾਂ ਉੱਤੇ ਦਹਿਸ਼ਤ ਬਣਾਕੇ ਰੱਖੀ ਜਾਵੇ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਗੁੰਡਾਗਰਦੀ ਤੋਂ ਲੈ ਕੇ ਹਰ ਮਾਫੀਆ ਦੀ ਮੁੱਖੀ ਵਜੋਂ ਭੂਮਿਕਾ ਨਿਭਾਉਣ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਖਲਾਕੀ ਤੌਰ ਉੱਤੇ ਇਹ ਜ਼ਿੰਮੇਵਾਰੀ ਲੈਣ ਕਿ ਉਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਫੇਲ੍ਹ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਤੁਰੰਤ ਆਪਣਾ ਅਸਤੀਫਾ ਦੇਣ ਜੋ ਸੂਬੇ ਵਿੱਚ ਸਹੀ ਢੰਗ ਨਾਲ ਕਾਨੂੰਨ ਵਿਵਸਥਾ ਨਹੀਂ ਚਲਾ ਸਕੇ।

Jeeo Punjab Bureau

Leave A Reply

Your email address will not be published.