ਜੀਓ ਪੰਜਾਬ ਬਿਊਰੋ
ਚੰਡੀਗੜ੍ਹ, 23 ਫਰਵਰੀ
ਹਰਿਆਣਾ ਪੁਲਿਸ ਵੱਲੋਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤੀ ਗਈ ਸਮਾਜਿਕ ਵਰਕਰ ਨੌਦੀਪ ਕੌਰ ਨਾਲ ‘ਆਪ’ ਆਗੂਆਂ ਨੂੰ ਜੇਲ੍ਹ ਵਿੱਚ ਨਾ ਮਿਲਣ ਦੇਣ ਉੱਤੇ ਆਮ ਆਦਮੀ ਪਾਰਟੀ ਨੇ ਨਰਾਜ਼ਗੀ ਪ੍ਰਗਟਾਈ ਹੈ। ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੀ ਉਪ ਆਗੂ ਸਰਵਜੀਤ ਕੌਰ ਮਾਣੂੰਕੇ ਅਤੇ ਪਾਰਟੀ ਦੇ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਕਰਨਾਲ ਜੇਲ੍ਹ ਵਿੱਚ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ, ਪ੍ਰੰਤੂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਨੌਦੀਪ ਨਾਲ ਮਿਲਣ ਦਿੱਤਾ। ‘ਆਪ’ ਆਗੂਆਂ ਨੇ ਹਰਿਆਣਾ ਸਰਕਾਰ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਘਟੀਆ ਤਰਕ ਦੇ ਕੇ ਨੌਦੀਪ ਕੌਰ ਨਾਲ ਮਿਲਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਮਾਜਿਕ ਵਰਕਰ ਦੇ ਸੰਘਰਸ਼ ਵਿੱਚ ਸਾਥ ਦੇਣ ਲਈ ਨੌਦੀਪ ਕੌਰ ਨਾਲ ਮਿਲਣ ਦਾ ਫੈਸਲਾ ਕੀਤਾ ਸੀ ਅਤੇ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਸੀ ਕਿ ਸੂਬੇ ਦੇ ਲੋਕ ਉਨ੍ਹਾਂ ਨਾਲ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਖੱਟਰ ਸਰਕਾਰ ਨੇ ਸੂਬੇ ‘ਚ ਐਂਮਰਜੈਂਸੀ ਵਰਗੇ ਹਲਾਤ ਬਣਾ ਦਿੱਤੇ ਹਨ। ਸਾਨੂੰ ਨੌਦੀਪ ਕੌਰ ਨਾਲ ਨਾ ਮਿਲਣ ਦੇਣ ਲਈ ਜੇਲ੍ਹ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਅਤੇ ਮਿਲਣ ਤੋਂ ਰੋਕਣ ਲਈ ਬਹੁਤ ਘੱਟੀਆ ਤਰਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬਿਨੈ ਪੱਤਰ ਦਿੱਤੇ ਜਾਣ ਦੇ ਬਾਵਜੂਦ ਹਰਿਆਣਾ ਪੁਲਿਸ ਇਹ ਕਹਿ ਰਹੀ ਸੀ ਕਿ ਕੋਰੋਨਾ ਕਾਰਨ ਮਿਲਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ‘ਆਪ’ ਆਗੂਆਂ ਨੇ ਸਵਾਲ ਕਰਦੇ ਹੋਏ ਕਿਹਾ ਕਿ , ਅਸੀਂ ਹਰਿਆਣਾ ਪੁਲਿਸ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਕੋਵਿਡ ਉਸ ਸਮੇਂ ਕਿੱਥੇ ਹੁੰਦਾ ਹੈ ਜਦੋਂ ਦੂਜੇ ਕੈਦੀਆਂ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਮਿਲਦੇ ਹਨ? ਕੋਰੋਨਾ ਦੀ ਸਮੱਸਿਆ ਸਿਰਫ ਨੌਦੀਪ ਕੋਰ ਨਾਲ ਮਿਲਣ ਸਮੇਂ ਹੀ ਕਿਉਂ ਪੈਦਾ ਹੋਈ? ਭਾਜਪਾ ਸਰਕਾਰ ਕੀ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ?
‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਧੀ ਨੂੰ ਪਿਛਲੇ ਮਹੀਨੇ ਤੋਂ ਕਰਨਾਲ ਜੇਲ੍ਹ ਵਿੱਚ ਹੈ। ਨੌਦੀਪ ਕੌਰ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਖਬਰਾਂ ਨੂੰ ਕੌਮਾਂਤਰੀ ਮੀਡੀਆ ਦਾ ਵੀ ਧਿਆਨ ਖਿੱਚਿਆ ਹੈ, ਪ੍ਰੰਤੂ ਉਨ੍ਹਾਂ ਦੇ ਗ੍ਰਹਿ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਕੋਈ ਪ੍ਰਵਾਹ ਨਹੀਂ ਹੈ। ਅਸੀਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਾਂ ਕਿ ਉਹ ਹਰਿਆਣਾ ਸਰਕਾਰ ਨਾਲ ਗੱਲ ਕਰੇ ਅਤੇ ਨੌਦੀਪ ਕੌਰ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਨ। ‘ਆਪ’ ਆਗੂਆਂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕੈਪਟਨ ਨੂੰ ਨੌਦੀਪ ਕੌਰ ਨੂੰ ਰਿਹਾਅ ਕਰਾਉਣ ਦੀ ਅਪੀਲ ਕੀਤੀ ਸੀ, ਪ੍ਰੰਤੂ ਉਨ੍ਹਾਂ ਨਾ ਤਾਂ ਇਸ ਸਬੰਧੀ ਕੋਈ ਪਹਿਲ ਕੀਤੀ ਅਤੇ ਨਾ ਹੀ ਉਨ੍ਹਾਂ ਦੀ ਸਥਿਤੀ ਬਾਰੇ ਜਾਣ ਦਾ ਕੋਈ ਯਤਨ ਕੀਤਾ।
Jeeo Punjab Bureau