Sukhdev Singh Dhindsa ਨੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ `ਤੇ ਹੋਏ ਲਾਠੀਚਾਰਜ ਤੇ ਖਿੱਚ ਧੂਹ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ

ਜੀਓ ਪੰਜਾਬ

ਚੰਡੀਗੜ, 25 ਜੂਨ

ਪੰਜਾਬ ਵਿੱਚ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇਣ ਤੋਂ ਖ਼ਫਾ ਅਤੇ ਆਪਣੀ ਨੌਕਰੀ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਦੀ ਰਿਹਾਇਸ਼ `ਤੇ ਪੁੱਜੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ (ਪੈਰਾ ਅਥਲੀਟ) ਨਾਲ ਬੀਤੇ ਦਿਨੀ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਧੱਕਾ ਮੁੱਕੀ ਤੋਂ ਬਾਅਦ ਹਿਰਾਸਤ ਵਿੱਚ ਲਏ ਜਾਣ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ ਹੈ।

ਇਥੇ ਜਾਰੀ ਇੱਕ ਬਿਆਨ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਖੇਡਾਂ ਰਾਹੀਂ ਵਿਸ਼ਵ ਪੱਧਰ `ਤੇ ਦੇਸ਼ ਦਾ ਨਾਅ ਰੋਸ਼ਨ ਕਰਨ ਵਾਲੇ ਪੈਰਾ ਐਥਲੀਟ ਖਿਡਾਰੀਆਂ ਦੀ ਸਾਰ ਲੈਣ ਦੇ ਬਜਾਏ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤਾ ਗਿਆ ਅਜਿਹਾ ਸਲੂਕ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਮੀਰ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇਣ ਦੇ ਬਜਾਏ ਸੂਬੇ ਦੇ ਯੋਗ ਖਿਡਾਰੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਪਹਿਲ ਦੇ ਅਧਾਰ `ਤੇ ਨੌਕਰੀਆਂ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

 ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਕੋਲੇ ਨੌਕਰੀ ਦੀ ਮੰਗ ਕਰਨ ਆਏ ਪੈਰਾ ਐਥਲੀਟ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ `ਤੇ ਖੇਡਦੇ ਹੋਏ ਕਈਂ ਤਮਗੇ ਜਿੱਤਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਪਰ ਸੂਬਾ ਸਰਕਾਰ ਕੋਲੇ ਅਜਿਹੇ ਖਿਡਾਰੀਆਂ ਨੂੰ ਦੇਣ ਲਈ ਨੌਕਰੀਆਂ ਨਹੀ ਹਨ ਪਰ ਅਮੀਰ ਵਿਧਾਇਕਾਂ ਦੇ ਪੁੱਤਾਂ ਨੂੰ ਮਲਾਈਦਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਜੋ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਉਹ ਵਾਅਦਾ ਕੇਵਲ ਆਪਣੇ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇ ਕੇ ਨਿਭਾਇਆ ਹੈ ਜਦਕਿ ਸੂਬੇ ਦੇ ਯੋਗ ਅਤੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਅੱਜ ਗੁਰਬਤ ਦਾ ਜੀਵਨ ਜਿਉਣ ਲਈ ਮਜਬੂਰ ਹਨ। ਢੀਂਡਸਾ ਨੇ ਕਿਹਾ ਕਿ ਬੜੀ ਮਾੜੀ ਗੱਲ ਹੈ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਸੇਸ਼ ਲੋੜਾਂ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ ਹਾਲੇ ਤੱਕ ਇਨ੍ਹਾਂ ਖਿਡਾਰੀਆਂ ਨੂੰ ਮਿਹਨਤ ਨਾਲ ਜਿੱਤੇ ਅਵਾਰਡਾਂ ਦੀ ਰਾਸ਼ੀ ਤੱਕ ਨਹੀ ਦਿੱਤੀ ਗਈ ਹੈ ਅਤੇ ਜਦੋਂ ਇਹ ਖਿਡਾਰੀ ਆਪਣੇ ਹੱਕ ਮੰਗਣ ਲਈ ਮੁੱਖ ਮਂਤਰੀ ਕੋਲੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਡਾਂਗਾਂ ਮਾਰ ਕੇ ਭੱਜਾ ਦਿੱਤਾ ਜਾਂਦਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਲਈ ਨੌਕਰੀਆਂ ਅਤੇ ਸਹੂਲਤਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

Jeeo Punjab Bureau

Leave A Reply

Your email address will not be published.