Punjab`ਚ ਵਧੇ ਬਿਜਲੀ ਸੰਕਟ ਦਾ ਹੱਲ ਕਰਕੇ ਲੋਕਾਂ ਨੂੰ ਫੌਰੀ ਰਾਹਤ ਦੇਵੇ ਸਰਕਾਰ: Parminder Singh Dhindsa

ਜੀਓ ਪੰਜਾਬ

ਚੰਡੀਗੜ੍ਹ, 9 ਜੁਲਾਈ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਬਿਜਲੀ ਸੰਕਟ ਕਾਰਨ ਹਾਲੋਂ-ਬੇਹਾਲ ਹੋ ਰਹੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ ਹੈ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਨਿੱਜੀ ਖੇਤਰ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ ਦੋ ਯੂਨਿਟਾਂ ਬੰਦ ਰਹਿਣ ਮਗਰੋਂ ਲੰਘੇ ਦਿਨੀ ਸਰਕਾਰੀ ਖੇਤਰ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੀ ਵੀ ਇੱਕ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋਣ ਕਾਰਨ ਪੰਜਾਬ ਵਿੱਚ ਵਧੇ ਬਿਜਲੀ ਸੰਕਟ ਪ੍ਰਤੀ ਚਿੰਤਾ ਪ੍ਰਗਟ ਕੀਤੀ ਹੈ।

ਇਥੇ ਜਾਰੀ ਬਿਆਨ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਤ ਦੀ ਗਰਮੀ ਕਾਰਨ ਲੋਕ ਪਹਿਲਾਂ ਹੀ ਤ੍ਰਾਹ- ਤ੍ਰਾਹ ਕਰ ਰਹੇ ਹਨ ਅਤੇ ਅਜਿਹੇ ਵਿੱਚ ਸਰਕਾਰ ਦੀ ਲਾਪਰਵਾਹੀ ਅਤੇ ਇਸ ਸਬੰਧੀ ਕੋਈ ਢੁਕਵੇਂ ਪ੍ਰਬੰਧ ਨਾ ਕਰਨ ਕਾਰਨ ਪਾਵਰਕੌਮ ਮਹਿੰਗੇ ਭਾਅ ਉੱਤੇ ਬਿਜਲੀ ਖਰੀਦ ਰਿਹਾ ਹੈ। ਜਿਸਦਾ ਬੋਝ ਵੀ ਪੰਜਾਬ ਦੇ ਲੋਕਾਂ `ਤੇ ਹੀ ਪਵੇਗਾ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਇੱਕ ਲਾਰਾ ਬਣ ਕੇ ਰਹਿ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਖੇਤਰ ਵਿੱਚ ਵੀ ਬਿਜਲੀ ਦੇ ਲੰਮੇ-ਲੰਮੇ ਕੱਟ ਲਗਾ ਕੇ ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਹੋਰ ਵੀ ਮੁਸ਼ਕਿਲ ਵਿੱਚ ਪਾ ਦਿੱਤਾ ਗਿਆ ਹੈ ਅਤੇ ਝੋਨੇ ਦੀ ਲਵਾਈ ਦੇ ਸੀਜ਼ਨ ਵਿੱਚ ਬਿਜਲੀ ਦੀ ਕਿਲੱਤ ਨਾਲ ਕਿਸਾਨਾਂ ਵੱਲੋਂ ਲਗਾਇਆ ਜਾ ਰਿਹਾ ਝੋਨਾ ਸੁੱਕ ਰਿਹਾ ਹੈ। ਸ: ਢੀਂਡਸਾ ਨੇ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਵਿੱਚ ਬਿਜਲੀ ਦੀ ਥੁੜ ਕਾਰਨ ਹਾਹਾਕਾਰ ਮੱਚੀ ਹੋਈ ਹੈ।ਲੋਕ ਥਾਂ-ਥਾਂ `ਤੇ ਗਰਿਡਾਂ ਦਾ ਘਿਰਾਓ ਕਰ ਰਹੇ ਹਨ।

ਢੀਂਡਸਾ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਬਿਜਲੀ ਸਪਲਾਈ ਸਚਾਰੂ ਢੰਗ ਨਾਲ  ਦੇ ਕੇ ਉਨ੍ਹਾਂ ਦੇ ਜ਼ਖ਼ਮਾਂ `ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਵੀ ਇਸਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਕੇ ਬਿਜਲੀ ਸੰਕਟ ਦਾ ਢੁਕਵਾਂ ਹੱਲ ਕੱਢ ਕੇ ਲੋਕਾਂ ਨੂੰ ਤੁੰਰਤ ਰਾਹਤ ਦੇਣ ਦੀ ਮੰਗ ਕੀਤੀ ਸੀ।    

Jeeo Punjab Bureau

Leave A Reply

Your email address will not be published.