Sukhdev Dhindsa ਨੇ ਕਿਸਾਨੀ ਮਸਲੇ ਪਹਿਲ ਦੇ ਆਧਾਰ `ਤੇ ਹੱਲ ਕਰਵਾਉਣ ਲਈ ਸੰਸਦ `ਚ ਕੰਮ ਰੋਕੁ ਨੋਟਿਸ ਦਾਖ਼ਲ ਕੀਤਾ

ਜੀਓ ਪੰਜਾਬ

ਚੰਡੀਗੜ੍ਹ, 19 ਜੁਲਾਈ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸੋਮਵਾਰ ਸੰਸਦ ਵਿੱਚ ਕੰਮ ਰੋਕੁ ਪ੍ਰਸਤਾਵ ਸਬੰਧੀ ਨੋਟਿਸ ਦਾਖ਼ਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਖੇਤੀ ਬਾਰੇ ਕਾਲੇ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਪੀਲ `ਤੇ ਉਨ੍ਹਾਂ ਵੱਲੋਂ ਸੰਸਦ ਵਿੱਚ ਮੰਗਲਵਾਰ ਲਈ ਐਡਜਰਨਮੈਂਟ ਮੋਸ਼ਨ ਨੋਟਿਸ ਦਾਖ਼ਲ ਕੀਤਾ ਗਿਆ ਹੈ। ਰਾਜ ਸਭਾ ਚੇਅਰਮੈਨ ਨੂੰ ਦਿੱਤੇ ਨੋਟਿਸ ਰਾਹੀਂ ਸੁਖਦੇਵ ਸਿੰਘ ਢੀਂਡਸਾ ਨੇ ਸੰਸਦ ਵਿੱਚ ਬਾਕੀ ਕੰਮ ਰੋਕ ਕੇ ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ `ਤੇ ਹੱਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਇੱਕ ਸਾਲ ਤੋਂ ਅਨੇਕਾਂ ਔਕੜਾਂ ਸਹਿ ਕੇ ਦੇਸ਼ ਦਾ ਅੰਨਦਾਤਾ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਆਪਣਾ ਅੜੀਅੜ ਰਵੱਈਆ ਅਖਤਿਆਰ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਕਾਰਨ ਪੰਜਾਬ ਸਮੇਤ ਹੋਰ ਸੂਬਿਆਂ ਵਿੱਚ ਹਾਲਾਤ ਕਾਫ਼ੀ ਚਿੰਤਾਜਨਕ ਬਣੇ ਹੋਏ ਹਨ ਕਿਉਂਕਿ ਇਨ੍ਹਾਂ ਕਾਲੇ ਕਾਨੂੰਨਾਂ ਕਾਰਨ ਦੇਸ਼ ਦੇ ਕਿਸਾਨ, ਆੜ੍ਹਤੀਏ ਅਤੇ ਖੇਤੀ ਮਜਦੂਰ ਬੂਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੇ ਹਨ।

 ਉਨ੍ਹਾਂ ਨੇ ਕਿਸਾਨਾਂ ਦੀ ਪੀਪਲਜ਼ ਵ੍ਹਿਪ ਦਾ ਸਮਰਥਨ ਕਰਦਿਆਂ ਸੰਸਦ ਮੈਂਬਰਾਂ ਨੂੰ ਬਾਈਕਾਟ ਜਾਂ ਵਾਕਆਉਟ ਨਾ ਕਰਨ ਅਤੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਅੰਦਰ ਰਹਿ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਉਹ ਖੇਤੀ ਬਾਰੇ ਕਾਲੇ ਕਾਨੂੰਨਾਂ ਦੇ ਖਿਲਾਫ਼ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਅਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸ: ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਅਪੀਲ ਮੰਨਦੇ ਹੋਏ ਹੁਣ ਦੋਵੇਂ ਸਦਨਾਂ ਦੇ ਮੈਂਬਰਾਂ ਦਾ ਫਰਜ਼ ਬਣਦਾ ਹੈ ਕਿ ਅੰਨਦਾਤਾ ਦੀ ਆਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ `ਤੇ ਦਬਾਅ ਪਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਵਾਜਬ ਮੰਗਾਂ ਮੰਨਦਿਆਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਹੱਦਾਂ ਸਮੇਤ ਸਮੁੱਚੇ ਪੰਜਾਬ ਵਿੱਚ ਸੰਘਰਸ਼ ਕਰ ਰਹੇ ਕਿਸਾਨ ਖੁਸ਼ੀ-ਖੁਸ਼ੀ ਘਰ ਵਾਪਿਸ ਆ ਸਕਣ।

Jeeo Punjab Bureau

Leave A Reply

Your email address will not be published.