ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੇਸ਼ ਕੀਤੇ ਗਏ ਸੰਸਦ `ਚ ਕੰਮ ਰੋਕੂ ਮਤੇ ਨੂੰ ਰੱਦ ਕਰਨਾ ਮੰਦਭਾਗਾ

ਜੀਓ ਪੰਜਾਬ

ਚੰਡੀਗੜ੍ਹ, 20 ਜੁਲਾਈ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Shiromani Akali Dal (Sanyukt)) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਹੋਰਨਾਂ ਸੰਸਦ ਮੈਂਬਰਾਂ ਵੱਲੋਂ ਬੀਤੇ ਦਿਨੀ ਸੰਸਦ ਵਿੱਚ ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ `ਤੇ ਹੱਲ ਕਰਵਾਉਣ ਲਈ ਪੇਸ਼ ਕੀਤੇ ਗਏ ਕੰਮ ਰੋਕੂ ਮਤੇ ਨੂੰ ਰੱਦ ਕਰ ਦੇਣ ਨੂੰ ਢੀਂਡਸਾ ਨੇ ਮੰਦਭਾਗਾ ਕਰਾਰ ਦਿੱਤਾ ਹੈ। ਸ: ਢੀਂਡਸਾ ਨੇ ਦੱਸਿਆ ਕਿ ਮੰਗਲਵਾਰ ਸ਼ੁਰੂ ਹੋਈ ਸੰਸਦ ਦੀ ਕਾਰਵਾਈ ਦੌਰਾਨ ਜਦੋਂ ਉਨ੍ਹਾਂ ਸਮੇਤ ਹਰੋਨਾਂ ਸੰਸਦ ਮੈਂਬਰਾਂ ਵੱਲੋਂ ਜੋਰ-ਸ਼ੋਰ ਨਾਲ ਕਿਸਾਨੀ ਮੁੱਦਾ ਚੁੱਕਿਆ ਗਿਆ ਤਾਂ ਇਸ `ਤੇ ਸੰਸਦ ਵਿੱਚ ਚਰਚਾ ਹੋਣ ਦੇ ਬਜਾਏ ਮਸਲੇ ਨੂੰ ਠੱਪ ਕਰਨ ਲਈ ਸੰਸਦ ਦੀ ਕਾਰਵਾਈ ਨੂੰ ਇੱਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸਤੋਂ ਬਾਅਦ ਦੁਪਹਿਰ ਵੇਲੇ ਜਦੋਂ ਮੁੜ ਸੰਸਦ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਿਸਾਨੀ ਮਸਲੇ ਨੂੰ ਛੱਡ ਕੇ ਕੋਵਿਡ 19 `ਤੇ ਬਹਿਸ ਸ਼ੁਰੂ ਕਰ ਦਿੱਤੀ ਗਈ।

ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਅਜਿਹੀ ਬੇਰੁਖ਼ੀ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 8 ਮਹੀਨਿਆਂ ਤੋਂ ਅਨੇਕਾਂ ਔਕੜਾਂ ਸਹਿ ਕੇ ਕਿਸਾਨ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਹੱਦਾਂ `ਤੇ ਬੈਠੇ ਹਨ ਅਤੇ ਕਿਸਾਨ ਅੰਦੋਲਨ ਦੌਰਾਨ ਅਨੇਕਾਂ ਕਿਸਾਨ ਸ਼ਹੀਦ ਹੋ ਚੁੱਕੇ ਹਨ, ਇਸਲਈ ਜਰੂਰੀ ਸੀ ਕਿ ਅੱਜ ਸੰਸਦ ਦੀ ਕਾਰਵਾਈ ਦੌਰਾਨ ਪਹਿਲ ਦੇ ਆਧਾਰ `ਤੇ ਸਿਰਫ਼ ਕਾਲੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣੀ ਚਾਹੀਦੀ ਸੀ ਪਰ ਸਰਕਾਰ ਨੇ ਇਸ ਨੂੰ ਜਰੂਰੀ ਨਹੀ ਸਮਝਿਆ ਜੋਕਿ ਸਰਕਾਰ ਦੀ ਮਾੜੀ ਨੀਤੀ ਅਤੇ ਨੀਅਤ ਨੂੰ ਉਜਗਾਰ ਕਰਦਾ ਹੈ। ਢੀਂਡਸਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਅਤੇ ਅੱਗੇ ਵੀ ਕਿਸਾਨੀ ਮਸਲਿਆਂ ਨੂੰ ਲੈਕੇ ਹਰੇਕ ਪਲੇਟਫੋਰਮ `ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।

Jeeo Punjab Bureau

Leave A Reply

Your email address will not be published.