Capt.- Sidhu ਦੀ ਆਪਸੀ ਖਿੱਚੋਤਾਣ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਡੂੰਘੀ ਸਾਜਿ਼ਸ

ਜੀਓ ਪੰਜਾਬ

ਚੰਡੀਗੜ੍ਹ, 21 ਜੁਲਾਈ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਪਿਛਲੇ ਕਈਂ ਦਿਨਾਂ ਤੋਂ ਚੱਲ ਰਹੇ ਕਾਟੋ-ਕਲੇਸ਼ ਅਤੇ ਹੁਣ ਕੈਪਟਨ ਅਤੇ ਸਿੱਧੂ ਦੀ ਚੱਲ ਰਹੀ ਆਪਸੀ ਖਿੱਚੋਤਾਣ ਯੋਜਨਾਬੱਧ ਤਰੀਕੇ ਨਾਲ ਪੰਜਾਬ ਦੇ ਲੋਕਾਂ ਦਾ ਧਿਆਨ ਸੂਬੇ ਦੇ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਕੀਤੀ ਜਾ ਰਹੀ ਡੂੰਘੀ ਸਾਜਿਸ਼ ਹੈ।

ਉਨ੍ਹਾਂ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਮਸਲੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨਹੀ ਹਨ ਜਿਨ੍ਹਾਂ `ਤੇ ਲੋਕਾਂ ਦਾ ਧਿਆਨ ਖਿੱਚਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ਦੇ ਅਸਲ ਮੁੱਦੇ ਕਾਫ਼ੀ ਅਹਿਮ ਅਤੇ ਗੰਭੀਰ ਹਨ। ਜਿਨ੍ਹਾਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ।

 ਉਨ੍ਹਾਂ ਕਿਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੁਰਾ ਗੋਲੀ ਕਾਂਡ ਤੋਂ ਇਲਾਵਾ ਕਾਲੇ ਖੇਤੀ ਕਾਨੂੰਨ, ਡਰਗ ਮਾਫ਼ੀਆ, ਰੇਤ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਸ਼ਰਾਬ ਮਾਫੀਆ, ਭੂ ਮਾਫੀਆ ,ਬੇਰੁਜ਼ਗਾਰੀ,  ਮਹਿੰਗਾਈ ਵਰਗੇ ਅਨੇਕ ਅਜਿਹੇ ਮਸਲੇ ਹਨ ਜੋਕਿ ਕਾਂਗਰਸ ਦੇ ਵਜੀਰਾਂ, ਵਿਧਾਇਕਾਂ ਅਤੇ ਲੀਡਰਾਂ ਦੀ ਕੁਰਸੀ ਲਈ ਚੱਲ ਰਹੀ ਸਿਆਸੀ ਜੰਗ ਤੋਂ ਕਿਤੇ ਜਿਆਦਾ ਮਹੱਤਵਪੂਰਨ ਅਤੇ ਅਹਿਮ ਹਨ ਅਤੇ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਅਹਿਮ ਫ਼ਰਜ਼ ਹੈ ਪਰ ਕੈਪਟਨ ਸਰਕਾਰ ਪੰਜਾਬ ਵਾਸੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲਵਾਰਸ ਛੱਡ ਸਿਆਸੀ ਗੋਟੀਆਂ ਖੇਡਣ ਵਿੱਚ ਮਸ਼ਰੂਫ਼ ਹੈ।

ਸ: ਢੀਂਡਸਾ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਕੈਪਟਨ ਸਰਕਾਰ ਵੱਲੋਂ ਬਾਦਲ ਪਰਿਵਾਰ ਨਾਲ ਨਿਭਾਈ ਗਈ ਦੋਸਤੀ ਪੂਰੀ ਤਰ੍ਹਾਂ ਜੱਗ ਜਾਹਿਰ ਹੋ ਚੁੱਕੀ ਹੈ ਅਤੇ ਦੂਜੇ ਪਾਸੇ ਬਾਦਲ ਪਰਿਵਾਰ ਦੀਆਂ ਸਿੱਖ ਕੌਮ ਨਾਲ ਕੀਤੀਆਂ ਗੱਦਾਰੀਆਂ ਅਤੇ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਬਾਰੇ ਅਪਣਾਏ ਦੋਹਰੇ ਮਾਪਦੰਡਾਂ ਦੇ ਕਾਰਨ ਅੱਜ ਬਾਦਲ ਪਰਿਵਾਰ ਆਪਣਾ ਅਕਸ ਪੂਰੀ ਤਰ੍ਹਾਂ ਖਰਾਬ ਕਰ ਚੁੱਕਾ ਹੈ।

ਸ: ਢੀਂਡਸਾ ਨੇ ਕਿਹਾ ਕਿ ਨੈਤਿਕ ਆਧਾਰ ਗੁਆਉਣ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਬਾਦਲ ਸੂਬੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਨਜ਼ਰਾਂ ਵਿੱਚ ਚੰਗਾ ਬਣਨ ਦੀ ਪੂਰੀ ਕੋਸਿ਼ਸ਼ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੂੰਹ ਨਹੀ ਲਗਾਉਣਗੇ ਕਿਉਂਕਿ ਪੰਜਾਬੀਆਂ ਨੇ ਇਨ੍ਹਾਂ ਦੋਵੇਂ ਪਾਰਟੀਆਂ ਦੇ ਦੋਹਰੇ ਚਿਹਰੇ ਨੂੰ ਪਛਾਣ ਲਿਆ ਹੈ ਅਤੇ ਹੁਣ ਲੋਕ ਉਨ੍ਹਾਂ ਦੇ ਝਾਂਸੇ ਵਿੱਚ ਨਹੀ ਆਉਣਗੇ।

Jeeo Punjab Bureau

Leave A Reply

Your email address will not be published.