ਕੈਪਟਨ ਸਰਕਾਰ ਨੂੰ ਪੁੱਛਿਆ ਕਿਸਾਨਾਂ ਉੱਤੇ ਦਰਜ ਕੇਸਾਂ ਨੂੰ ਰੱਦ ਕਰਾਉਣ ਲਈ ਕੀ ਕਦਮ ਚੁੱਕੇ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 4 ਮਾਰਚ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ ਜਾ ਰਹੇ ਝੂਠੇ ਪੁਲਿਸ ਕੇਸਾਂ ਦਾ ਮਾਮਲਾ ਅੱਜ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਵਿਧਾਨ ਸਭਾ ਵਿੱਚ ਚੁੱਕਿਆ। ਉਨ੍ਹਾਂ ਕਿਸਾਨਾਂ ਉਤੇ ਦਰਜ ਕੀਤੇ ਜਾ ਰਹੇ ਕੇਸਾਂ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਇਕੱਲੇ ਮੇਰੇ ਹਲਕੇ ਵਿੱਚੋਂ ਹੀ 7 ਕਿਸਾਨਾਂ ਉੱਤੇ ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸੈਂਕੜੇ ਕਿਸਾਨਾਂ ਉੱਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੀ ਸਰਹੱਦ ਉੱਤੇ 26 ਨਵੰਬਰ ਤੋਂ ਦਿਨ ਰਾਤ ਧਰਨੇ ਉੱਤੇ ਡਟੇ ਹੋਏ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਬਦਨਾਮ ਕਰਨ ਲਈ 26 ਜਨਵਰੀ ਨੂੰ ਭਾਜਪਾ ਨੇ ਚੱਲੀ ਚਾਲ ਦੇ ਤਹਿਤ ਕਿਸਾਨਾਂ ਉੱਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਕੋਈ ਗੱਲ ਨਹੀਂ ਹੋ ਸਕਦੀ ਕਿ ਦੇਸ਼ ਦੇ ਅੰਨਦਾਤਾ ਉੱਤੇ ਦੇਸ਼ ਧਿਰੋਹ ਦੀਆਂ ਧਾਰਾਵਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਂਦੀ ਹੈ, ਪ੍ਰੰਤੂ ਮੈਂ ਪੁੱਛਣਾ ਚਾਹੁੰਦੀ ਹਾਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਖਿਲਾਫ ਦਰਜ ਕੀਤੇ ਪਰਚਿਆਂ ਨੂੰ ਰੱਦ ਕਰਾਉਣ ਲਈ ਹੁਣ ਤੱਕ ਕੀ ਕਾਰਵਾਈ ਕੀਤੀ? ਇਹ ਪਰਚੇ ਕਿਉਂ ਨਹੀਂ ਰੱਦ ਕਰਵਾਏ ਜਾ ਰਹੇ? ਸਾਡੇ ਨੌਜਵਾਨਾਂ ਅਤੇ ਬਜ਼ੁਰਗਾਂ ਉੱਤੇ ਥਰਡ ਡਿਗਰੀ ਟਾਰਚਰ ਕੀਤਾ ਗਿਆ ਹੈ। ਉਨ੍ਹਾਂ ਟਰੇਡ ਯੂਨੀਅਨ ਆਗੂ ਨੌਦੀਪ ਕੌਰ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਸਾਡੇ ਪੰਜਾਬ ਦੀ ਬੇਟੀ ਉਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਪਰਚਾ ਦਰਜ ਕੀਤਾ ਗਿਆ। ਉਸ ਉੱਤੇ ਅੰਨਾ ਤਸ਼ੱਦਦ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਪੁੱਛਿਆ ਕਿ ਸਰਕਾਰ ਹਾਲੇ ਤੱਕ ਸੁੱਤੀ ਕਿਉਂ ਪਈ ਹੈ? ਇਹ ਝੂਠੇ ਪਰਚੇ ਸਰਕਾਰ ਕਿਉਂ ਨਹੀਂ ਰੱਦ ਕਰਵਾ ਰਹੀ?

Jeeo Punjab Bureau

Leave A Reply

Your email address will not be published.