Punjab Govt. ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ

62

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 25 ਮਾਰਚ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ  ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ  ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ । ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

ਇਸ ਭਰਤੀ ਅਧੀਨ ਜੇਲ੍ਹ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਪੰਜਾਬ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿੱਚ 807 ਲਾਇਬਰੇਰੀਅਨ  ਦੀਆਂ ਅਸਾਮੀਆਂ, ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗਭਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਜਾਵੇਗੀ।

ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹੁਣ ਜਲਦ ਹੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ ।

ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜ਼ਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ।

Jeeo Punjab Bureau

Leave A Reply

Your email address will not be published.