ਪੰਜਾਬ ਸਰਕਾਰ ਵੱਲੋਂ COVID-19 ਦੇ ਚੱਲਦਿਆਂ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ advisory ਜਾਰੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 9 ਅਪ੍ਰੈਲ

ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ ‘ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ ਹੈ। ਇਸ ਤਰ੍ਹਾਂ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੋਰੋਨਾ ਵਾਇਰਸ ਬਾਰੇ ਸਹੀ ਜਾਣਕਾਰੀ ਅਤੇ ਗਿਆਨ ਮਹੱਤਵਪੂਰਣ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਅਤੇ ਮੰਡੀਕਰਨ ਦੌਰਾਨ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਕਰਨ ਲਈ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਸਿੱਧੂ ਨੇ ਦੱਸਿਆ ਕਿ ਇਹ ਦਿਸ਼ਾ-ਨਿਰਦੇਸ਼ ਖਰੀਦ ਪ੍ਰਕਿਰਿਆ ਵਿੱਚ ਸ਼ਾਮਲ ਵੱਖ-ਵੱਖ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਕੰਬਾਈਨ ਓਪਰੇਟਰਾਂ, ਕਿਰਤੀਆਂ, ਆੜ੍ਹਤੀਆਂ/ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ/ਸੂਬੇ ਦੀਆਂ ਖਰੀਦ ਏਜੰਸੀਆਂ ਦੇ ਸਟਾਫ, ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਹ ਦਿਸ਼ਾ ਨਿਰਦੇਸ਼ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਸੰਭਵ ਹੋਵੇ ਕਿਸਾਨ ਹੱਥੀ ਕੰਮ ਕਰਨ ਦੀ ਬਜਾਇ ਮਸ਼ੀਨਾਂ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਵਾਢੀ ਲਈ ਮਸ਼ੀਨ ਚਲਾਉਣ ਵਾਲੇ ਵਿਅਕਤੀ ਨਾਲ ਸਿਰਫ਼ ਢੁੱਕਵੀਂ ਗਿਣਤੀ ਵਿਅਕਤੀ ਹੀ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਮਸ਼ੀਨਾਂ ਨੂੰ ਦਾਖਲੇ ਸਮੇਂ ਅਤੇ ਨਿਯਮਤ ਅੰਤਰਾਲਾਂ ‘ਤੇ ਸੈਨੀਟਾਈਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਹੈ ਕਿ ਵਾਢੀ ਦੇ ਕਾਰਜਾਂ ਵਿੱਚ ਲੱਗੇ ਸਾਰੇ ਵਿਅਕਤੀਆਂ ਨੂੰ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੇ ਨਾਲ ਨਾਲ ਨਿਮਯਤ ਅੰਤਰਾਲਾਂ ‘ਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਹੀ, ਸਮੇਂ ਸਿਰ ਅਤੇ ਪ੍ਰਮਾਣਿਕ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ “ਕੋਵਾ ਐਪ” ਡਾਊਨਲੋਡ ਕਰਨ ਲਈ ਸਲਾਹ ਦਿੱਤੀ ਜਾਂਦੀ ਹੈ ਅਤੇ ਵਾਢੀ ਦੌਰਾਨ ਜੇਕਰ ਕੋਈ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਕੰਬਾਈਨ ਓਪਰੇਟਰ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਕਾਮਿਆਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਹਾਂਮਾਰੀ ਦੌਰਾਨ ਢੁੱਕਵੀਂ ਸਮਾਜਕ ਦੂਰੀ ਬਣਾ ਕੇ ਰੱਖਣਾ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਅਤੇ ਉਸ ਦੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦੂਜੇ ਨੂੰ ਮਿਲਣ /ਵਿਦਾ ਲੈਣ ਸਮੇਂ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਗਲੇ ਨਾ ਮਿਲਣ। 

ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਆਪਣੀਆਂ ਦਫਤਰੀ ਥਾਂਵਾਂ ਦੀ ਸਾਂਭ-ਸੰਭਾਲ ਅਤੇ ਸੈਨੀਟਾਈਜੇਸ਼ਨ ਨੂੰ ਯਕੀਨੀ ਬਣਾਉਣਗੀਆਂ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਵਿਸਥਾਰਤ ਐਸ.ਓ.ਪੀ. ਦੀ ਸਖ਼ਤੀ ਨਾਲ ਪਾਲਣਾ ਕਰਨਗੀਆਂ।

Jeeo Punjab Bureau

Leave A Reply

Your email address will not be published.