ਹੁਣ ਤੱਕ ਮੰਡੀਆਂ ਵਿਚ 8400 ਤੋਂ ਵੱਧ ਵਿਅਕਤੀਆਂ ਨੂੰ COVID-19 ਤੋਂ ਬਚਾਅ ਦਾ ਟੀਕਾ ਲਾਇਆ-Lal Singh

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 29 ਅਪਰੈਲ

ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਅਨਾਜ ਮੰਡੀਆਂ ਵਿਚ ਲਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦੌਰਾਨ ਹੁਣ ਤੱਕ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਗਿਆ।

ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਗਏ ਤਾਂ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਟੀਕਾ ਲਵਾ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਅਤੇ ਹੋਰ ਧਿਰਾਂ ਸਮੇਤ 8402 ਯੋਗ ਵਿਅਕਤੀਆ ਨੂੰ ਹੁਣ ਤੱਕ ਕੋਵਿਡ ਤੋਂ ਬਚਾਅ ਦਾ ਟੀਕਾ ਲੱਗ ਚੁੱਕਾ ਹੈ। ਹਾੜ੍ਹੀ ਸੀਜ਼ਨ ਦੌਰਾਨ ਟੀਕਾਕਰਨ ਮੁਹਿੰਮ ਵਿਚ ਪਟਿਆਲਾ ਮੋਹਰੀ ਚੱਲ ਰਿਹਾ ਹੈ ਜਦਕਿ ਇਸ ਤੋਂ ਬਾਅਦ ਫਿਰੋਜ਼ਪੁਰ ਅਤੇ ਜਲੰਧਰ ਸ਼ਾਮਲ ਹਨ।

ਕਣਕ ਦੀ ਖਰੀਦ ਸੰਬੰਧੀ ਸ਼ਿਕਾਇਤਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਤ ਸਟੇਟ ਕੰਟਰੋਲ ਰੂਮ ਨੇ ਕਿਸਾਨਾਂ ਦੀ ਸੰਤੁਸ਼ਟੀ ਲਈ ਹੁਣ ਤੱਕ ਕਣਕ ਦੀ ਖਰੀਦ ਨਾਲ ਸਬੰਧਤ ਸਾਰੀਆਂ 746 ਟੈਲੀਫ਼ੋਨਿਕ ਸ਼ਿਕਾਇਤਾਂ / ਮਸਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।

ਮੰਡੀ ਬੋਰਡ ਦੇ ਕੰਟਰੋਲ ਰੂਮ ਦਾ ਦੌਰਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਕੋਵਿਡ-19 ਦੇ ਇਸ ਮੁਸ਼ਕਲ ਸਮੇ ਦੌਰਾਨ ਕਣਕ ਦੀ ਖਰੀਦ ਨਾਲ ਜੁੜੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ ਕੰਟਰੋਲ ਰੂਮ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜਾਂ ਕਿਸੇ ਹੋਰ ਭਾਈਵਾਲ ਨੂੰ ਖਰੀਦ ਕਾਰਜਾਂ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਬੰਧਤ ਜ਼ਿਲ੍ਹਿਆਂ ਲਈ ਦਿੱਤੇ ਗਏ ਕੰਟਰੋਲ ਰੂਮ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Jeeo Punjab Bureau

Leave A Reply

Your email address will not be published.