ਬੀਰ ਦਵਿੰਦਰ ਸਿੰਘ ਨੇ ਕੋਰੋਨਾ ਦੌਰ `ਚ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੀ ਕੀਤੀ ਸਖ਼ਤ ਅਲੋਚਨਾ

ਜੀਓ ਪੰਜਾਬ

ਚੰਡੀਗੜ੍ਹ, 11 ਮਈ

ਕੋਰੋਨਾ ਦੌਰ ਵਿੱਚ ਅੱਗੇ ਵੱਧ ਕੇ ਕੰਮ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ (ਐੱਨਐੱਚਐੱਮ) ਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਸਰਕਾਰ ਦੇ ਫੈਸਲੇ ਨੂੰ ਤੁਗਲਕੀ ਫਰਮਾਨ ਕਰਾਰ ਦਿੰਦਿਆਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਇਥੇ ਜਾਰੀ ਇੱਕ ਬਿਆਨ ਵਿੱਚ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਦੇਸ਼ ਸਮੇਤ ਪੂਰਾ ਪੰਜਾਬ ਕੋਰੋਨਾ ਮਹਾਂਮਾਰੀ ਦੇ ਕਹਿਰ ਨਾਲ ਜੂਝ ਰਿਹਾ ਹੈ ਅਤੇ ਅਜਿਹੇ ਦੌਰ ਵਿੱਚ ਦੂਜੇ ਪਾਸੇ ਸਰਕਾਰ ਦੇ ਤੁਗਲਕੀ ਫਰਮਾਨ ਨਾਲ ਪੰਜਾਬ ਦੇ ਹਸਪਤਾਲਾਂ ਵਿੱਚ ਅੱਗੇ ਵੱਧ ਕੇ ਕੰਮ ਕਰਨ ਵਾਲੇ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਨਾਲ ਸੂਬੇ ਵਿੱਚ ਮੈਡੀਕਲ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉਨ੍ਹਾ ਕਿਹਾ ਕਿ ਅਜਿਹੇ ਮਾੜੇ ਸਮੇਂ ਵਿੱਚ ਸਰਕਾਰ ਨੂੰ ਹੜਤਾਲ `ਤੇ ਬੈਠੇ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੇ ਬਜਾਏ ਉਨ੍ਹਾ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਸਨ।

ਉਨ੍ਹਾਂ ਨੇ ਸੂਬੇ ਵਿੱਚ ਕੋਰੋਨਾ ਦੇ ਦੌਰ ਵਿੱਚ ਸਿਹਤ ਸਹੂਲਤਾਂ ਦੀ ਘਾਟ ਦਾ ਜਿ਼ਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਵੀ ਉਪਰ ਟੱਪ ਚੁੱਕੀ ਹੈ ਅਜਿਹੇ ਵਿੱਚ ਜਿਥੇ ਸੂਬੇ ਵਿੱਚ ਸਿਹਤ ਸਹੂਲਤਾਂ ਦੀ ਘਾਟ ਸਾਫ਼ ਦਿਖਾਈ ਦੇ ਰਹੀ ਹੈ, ਉਥੇ ਹੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਿਆ ਜਾਣਾ ਸਰਕਾਰ ਦਾ ਤੁਗਲਕੀ ਫੈਸਲਾ ਹੈ। ਉਨ੍ਹਾ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕੋਲੇ ਕੋਰੋਨਾ `ਤੇ ਕਾਬੂ ਪਾਉਣ ਲਈ ਕਾਫ਼ੀ ਸਮਾਂ ਸੀ, ਪਰ ਇਸਦੇ ਬਾਵਜੂਦ ਕੋਰੋਨਾ ਦੀ ਦੂਜੀ ਲਹਿਰ ਨੇ ਜਿਥੇ ਆਪਣਾ ਕਹਿਰ ਵਰਤਾਇਆ ਹੈ, ਉਥੇ ਹੀ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ। ਉਨ੍ਹਾ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਹਿਲਾਂ ਹੀ ਸਿਹਤ ਸੇਵਾਵਾਂ ਵੱਲ ਧਿਆਨ ਦਿੱਤਾ ਗਿਆ ਹੁੰਦਾ ਤਾਂ ਨਾਂ ਤਾਂ ਸਿਹਤ ਕਾਮਿਆਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪੈਣਾ ਸੀ ਅਤੇ ਨਾਂਹ ਹੀ ਸਿਹਤ ਸਹੂਲਤਾਂ ਦੀ ਘਾਟ ਮਹਿਸੂਸ ਹੋਣੀ ਸੀ ਪਰ ਅਫਸੋਸ ਕੇਂਦਰ ਅਤੇ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਮੁਕੰਮਲ ਪ੍ਰਬੰਧ ਕਰਨ ਵਿੱਚ ਫੇਲ੍ਹ ਸਾਬਤ ਹੋਈਆਂ ਹਨ।

ਬੀਰ ਦਵਿੰਦਰ ਸਿੰਘ ਨੇ ਹੜਤਾਲ `ਤੇ ਬੈਠੇ ਸਿਹਤ ਕਾਮਿਆਂ ਨੂੰ ਕਿਹਾ ਕਿ ਹੜਤਾਲ ਕਰਨਾ ਉਨ੍ਹਾ ਦਾ ਲੋਕਤਾਂਤਰਿਕ ਅਧਿਕਾਰ ਹੈ ਪਰ ਅਜਿਹੇ ਸਮੇਂ ਵਿੱਚ ਉਨ੍ਹਾਂ ਨੂੰ ਹੜਤਾਲ ਕਰਨ ਦੇ ਬਜਾਏ ਅਪਣੀਆਂ ਮੰਗਾਂ ਮਨਵਾਉਣ ਲਈ ਮਨੁੱਖੀ ਕਦਰਾਂ ਕੀਮਤਾਂ ਨੂੰ ਨਜ਼ਰਅੰਦਾਜ ਨਹੀ ਕਰਨਾ ਚਾਹੀਦਾ ਹੈ।

ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੱਤਾ ਹੈ ਕਿ ਉਨ੍ਹਾ ਨੂੰ ਤੁਰੰਤ ਮੋਟੀਆਂ ਤਨਖ਼ਾਹਾਂ `ਤੇ ਰੱਖੇ ਆਪਣੇ ਸਲਾਹਕਾਰਾਂ ਦੀ ਫੌਜ ਨੂੰ ਕੱਢ ਕੇ ਸਿਹਤ ਕਾਮਿਆਂ ਦੀ ਭਰਤੀ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ਵਿੱਚ ਬਣੇ ਹਾਲਾਤ ਤੇ ਕਾਬੂ ਪਾਇਆ ਜਾ ਸਕੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

Jeeo Punjab Bureau

Leave A Reply

Your email address will not be published.