ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਐਲਾਨੇ ਗਏ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦੀ ਕੀਤੀ ਹਮਾਇਤ

ਜੀਓ ਪੰਜਾਬ

ਚੰਡੀਗੜ੍ਹ 24 ਮਈ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਾਲੇ ਕਾਨੂੰਨਾਂ ਖਿਲਾਫ਼ ਪਿਛਲੇ ਛੇ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ `ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਐਲਾਨੇ ਗਏ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦੇ ਸੱਦੇ ਦੀ ਹਮਾਇਤ ਕੀਤੀ ਹੈ। ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਲੰਘੇ ਛੇ ਮਹੀਨਿਆਂ ਦੌਰਾਨ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਵੱਡੇ ਪੱਧਰ `ਤੇ ਢਾਹਿਆ ਗਿਆ ਤਸ਼ਦੱਦ ਝੱਲਿਆ ਹੈ। ਉਨ੍ਹਾ ਕਿਹਾ ਕਿ ਇਸ ਦੌਰਾਨ ਅਨੇਕਾਂ ਕਿਸਾਨ ਸ਼ਹੀਦ ਵੀ ਹੋਏ ਹਨ। ਪਰ ਇਥੇ ਕਿਸਾਨਾਂ ਦੀ ਹਿੰਮਤ ਦੀ ਦਾਦ ਦੇਣੀ ਬਣਦੀ ਹੈ ਕਿ ਹਰੇਕ ਪਰੇਸ਼ਾਨੀ ਅਤੇ ਔਕੜ ਨੂੰ ਝੱਲਦੇ ਹੋਏ ਕਿਸਾਨਾਂ ਨੇ ਸ਼ਾਂਤਮਈ ਅੰਦੋਲਨ ਜਾਰੀ ਰੱਖਿਆ ਹੈ। ਜਿਸਦੇ ਲਈ ਉਚੇਚੇ ਤੌਰ `ਤੇ ਕਿਸਾਨ ਜਥੇਬੰਦੀਆਂ ਅਤੇ ਸਮੂਹ ਕਿਸਾਨ ਵਧਾਈ ਦੇ ਪਾਤਰ ਹਨ। ਦੋਵੇਂ ਸੀਨੀਅਰ ਲੀਡਰਾਂ ਨੇ ਆਪਣੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਸਮੂਹ ਲੋਕਾਂ ਨੂੰ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਮੂਹ ਦੇਸ਼ਵਾਸੀਆਂ ਨੂੰ ਕਿਸਾਨਾਂ ਦੇ ਇਸ ਰੋਸ ਮਾਰਚ ਦਾ ਸਮਰਥਨ ਕਰਦਿਆਂ ਆਪਣੇ ਘਰਾਂ ਅਤੇ ਵਾਹਨਾਂ `ਤੇ ਕਾਲੇ ਝੰਡੇ ਲਗਾਉਣ ਲਈ ਕਿਹਾ ਹੈ ਤਾਂ ਜੋ ਕੇਂਦਰ ਸਰਕਾਰ `ਤੇ ਕਾਲੇ ਕਾਨੂੰਨ ਰੱਦ ਕਰਨ ਲਈ ਦਬਾਅ ਬਣਾਇਆ ਜਾ ਸਕੇ।

 ਜਥੇਦਾਰ ਬ੍ਰਹਮਪੁਰਾ ਅਤੇ ਢੀਂਡਸਾ ਨੇ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਦੌਰਾਨ ਜਾਨਾਂ ਗੁਆ ਚੁੱਕੇ ਲੋਕਾਂ ਲਈ ਹਮਦਰਦੀ ਪ੍ਰਗਟ ਕਰਦਿਆਂ ਕੀਤੀ ਗਈ ਭਾਵੁਕ ਅਪੀਲ ਦੌਰਾਨ ਹੰਝੂ ਵਹਾਉਣ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਨਾਗਰਿਕਾਂ ਨੂੰ ਇੱਕ ਸਮਾਨ ਸਮਝਣਾ ਚਾਹੀਦਾ ਹੈ ਪ੍ਰੰਤੂ ਪ੍ਰਧਾਨ ਮੰਤਰੀ ਵੱਲੋਂ ਸਿਰਫ਼ ਕੋਰੋਨਾ ਪੀੜਤਾਂ ਲਈ ਹੰਝੂ ਵਹਾਉਣ ਦੇ ਨਾਲ- ਨਾਲ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਵੀ ਅੱਖ ਭਰਨੀ ਚਾਹੀਦੀ ਸੀ। ਉਨ੍ਹਾ ਕਿਹਾ ਕਿ ਕੋਰੋਨਾ ਦੌਰਾਨ ਹੋਈਆਂ ਮੌਤਾਂ ਦਾ ਸਾਨੂੰ ਵੀ ਬੇਹੱਦ ਦਿਲੀ ਦੁੱਖ ਹੈ ਪ੍ਰੰਤੂ ਪ੍ਰਧਾਨ ਮੰਤਰੀ ਦੇ ਉਪਰੋਕਤ ਪੱਖਪਾਤੀ ਰਵੱਈਏ ਨੇ ਲੋਕਤੰਤਰਿਕ ਢਾਂਚੇ ਦੀ ਭਾਵਨਾ ਨੂੰ ਵੱਡੀ ਸੱਟ ਮਾਰੀ ਹੈ। ਉਪਰੋਕਤ ਅਗੂਆਂ ਨੇ ਕੇਂਦਰ ਸਰਕਾਰ ਨੂੰ ਆਪਣੀ ਜਿੱਦ ਅਤੇ ਅੜੀਅਲ ਰਵੱਈਆ ਛੱਡ ਕੇ ਕਿਸਾਨ ਜਥੇਬੰਦੀਆਂ ਵੱਲੋਂ ਚਿੱਠੀ ਭੇਜ ਕੇ ਮੁੜ ਗੱਲਬਾਤ ਦੀ ਕੀਤੀ ਗਈ ਪੇਸ਼ਕਸ਼ `ਤੇ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾ ਇਹ ਵੀ ਕਿਹਾ ਕਿ ਕੋਰੋਨਾ ਕਾਲ ਵਿੱਚ ਮਹਾਂਮਾਰੀ ਦੀ ਲਪੇਟ ਵਿੱਚ ਆਉਣ ਤੋਂ ਅੰਨਦਾਤਿਆਂ ਨੂੰ ਬਚਾਉਣ ਲਈ ਤਿੰਨੇ ਕਾਲੇ ਕਾਨੂੰਨ ਫੌਰੀ ਰੱਦ ਕਰ ਦੇਣੇ ਚਾਹੀਦੇ ਹਨ ਤਾਂਕਿ ਪਿਛਲੇ ਲੰਮੇ ਸਮੇਂ ਤੋਂ ਸਰਹੱਦਾਂ `ਤੇ ਬੈਠੇ ਅੰਨਦਾਤਿਆਂ ਦੀ ਘਰ ਵਾਪਸੀ ਹੋ ਸਕੇ।

Jeeo Punjab Bureau

Leave A Reply

Your email address will not be published.